Advertisement

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਵਿਧਾਇਕ ਟੌਂਗ

ਅੰਮ੍ਰਿਤਸਰ 11 ਅਗਸਤ (ਮੁਨੀਸ਼ ਸ਼ਰਮਾ) : ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਕੱਲ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।
ਆਮ ਆਦਮੀ ਪਾਰਟੀ ਦੇ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਅੱਜ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਸ: ਟੌਂਗ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।
ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਇਨ੍ਹਾਂ ਯੂਨਿਟਾਂ ‘ਤੇ 51.4 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀਐਸਐਫ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ।
ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਇਸ ਨਾਲ ਸਰਹੱਦ ਰਾਹੀਂ ਸੂਬੇ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਡਰੋਨ ਨੂੰ ਤੁਰੰਤ ਬੇਅਸਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸੁਰੱਖਿਆ ਬਲਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਨਜਿੱਠਣ ਵਿੱਚ ਸਹਾਇਤਾ ਕਰੇਗੀ।
ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਇਹ ਸਿਸਟਮ ਉਨ੍ਹਾਂ ਖਾਸ ਸਰਹੱਦੀ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ, ਜਿੱਥੇ ਡਰੋਨ ਗਤੀਵਿਧੀ ਜ਼ਿਆਦਾ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਕੋਲ ਡਰੋਨਾਂ ਨੂੰ ਬੇਅਸਰ ਕਰਨ ਲਈ ਅਜਿਹਾ ਕੋਈ ਸਿਸਟਮ ਨਹੀਂ ਸੀ, ਪਰ ਹੁਣ ਇਹ ਸਿਸਟਮ ਪੰਜਾਬ ਪੁਲਿਸ ਨੂੰ ਵਧੇਰੇ ਸਮਰੱਥ ਬਣਾਏਗਾ।
ਫਾਈਲ ਫੋਟੋ : ਵਿਧਾਇਕ ਦਲਬੀਰ ਸਿੰਘ ਟੌਂਗ

Majha Mail