Advertisement

ਪੰਜਾਬ ਸਰਕਾਰ ਦਾ ਕ੍ਰਾਂਤੀਕਾਰੀ ਕਦਮ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ!

ਅੰਮ੍ਰਿਤਸਰ, 8 ਜੁਲਾਈ ( ਪ੍ਰਦੀਪ ਜੈਨ ਰੋਕੀ ):ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਿਹਤ ਨੂੰ ਮੁੱਖ  ਰੱਖਦਿਆਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਹ ਯੋਜਨਾ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਨਕਦ ਰਹਿਤ ਇਲਾਜ ਦੀ ਸਹੂਲਤ ਦੇਵੇਗੀ।

ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਜਗਜੀਤ ਸਿੰਘ ਜੈਂਕੀ ਨੇ ਇਸ ਯੋਜਨਾ ਦੀ ਸ਼ੁਰੂਆਤ ‘ਤੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਹ ਸਕੀਮ ਸਿਰਫ਼ ਇਲਾਜ ਦੀ ਸਹੂਲਤ ਨਹੀਂ, ਸਗੋਂ ਪੰਜਾਬੀ ਪਰਿਵਾਰਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਲਾ ਇਨਕਲਾਬੀ ਕਦਮ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਮਰੀਜ਼ ਨੂੰ ਪੈਸਿਆਂ ਦੀ ਕਮੀ ਕਰਕੇ ਇਲਾਜ ਤੋਂ ਹੱਥ ਨਹੀਂ ਧੋਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਵੱਲੋਂ ਪੂਰੇ ਪੰਜਾਬ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਰਾਹੀਂ ਪਿੰਡ ਪਿੰਡ ਅਤੇ ਘਰ ਘਰ ਇਹ ਸੁਨੇਹਾ ਪਹੁੰਚਾਇਆ ਜਾਵੇਗਾ ਕਿ ਸਰਕਾਰ ਕਿਸ ਤਰ੍ਹਾਂ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਪੱਧਰੀ ਸਮਾਗਮ ਦੌਰਾਨ ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸਮੇ ਸਿਰ ਅਤੇ ਗੁਣਵੱਤਾਪੂਰਨ ਇਲਾਜ ਮਿਲੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਅਗਲੇ ਤਿੰਨ ਮਹੀਨਿਆਂ ਵਿੱਚ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਲਾਗੂ ਕਰ ਦਿੱਤੀ ਜਾਵੇਗੀ।

ਸਿਹਤ ਵਿਭਾਗ ਅਨੁਸਾਰ ਲਗਭਗ 48 ਲੱਖ ਪਰਿਵਾਰ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨਗੇ। ਉਨ੍ਹਾਂ ਨੂੰ ਵਿਸ਼ੇਸ਼ ਸਿਹਤ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਉਹ ਸਰਕਾਰੀ ਅਤੇ ਨਿੱਜੀ ਦੋਹਾਂ ਕਿਸਮਾਂ ਦੇ ਹਸਪਤਾਲਾਂ ਵਿੱਚ ਇਲਾਜ ਲੈ ਸਕਣਗੇ। ਕੈਂਸਰ, ਦਿਲ ਦੇ ਰੋਗ, ਐਮਰਜੈਂਸੀ ਸਰਜਰੀਆਂ, ਡਾਇਲਿਸਿਸ ਅਤੇ ਹੋਰ ਮਹਿੰਗੇ ਇਲਾਜ ਇਸ ਯੋਜਨਾ ਅਧੀਨ ਆਉਣਗੇ।

ਜਗਜੀਤ ਸਿੰਘ ਜੈਂਕੀ ਨੇ ਆਖ਼ਿਰ ਵਿੱਚ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ ਅਤੇ ਰੋਜ਼ਗਾਰ ਖੇਤਰ ਵਿੱਚ ਜੋ ਕੰਮ ਕੀਤੇ ਹਨ, ਉਹ ਪੂਰੇ ਦੇਸ਼ ਲਈ ਇੱਕ ਮਿਸਾਲ ਬਣ ਰਹੇ ਹਨ।

Majha Mail